ਸਨੌਰ, 10 ਫ਼ਰਵਰੀ ( ਜਪਅਨੰਤਪ੍ਰੀਤ ਸਿੰਘ )
ਹਲਕਾ ਸਨੌਰ ਨੂੰ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਉਣ ਦੇ ਮਕਸਦ ਨਾਲ ਅੱਜ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਕਸਬਾ ਸਨੌਰ ਵਿਖੇ ਵਿਕਾਸ ਕਾਰਜਾਂ ਦੀ ਝੜੀ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਸਤਿਗੁਰੂ ਦਾ ਓਟ ਆਸਰਾ ਲੈਣ ਉਪਰੰਤ ਹਡਾਣਾ ਨੇ ਸਥਾਨਕ ਆਗੂਆਂ ਅਤੇ ਨਿਵਾਸੀਆਂ ਦੀ ਹਾਜ਼ਰੀ ਵਿੱਚ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਮਹੱਤਵਪੂਰਨ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਪ੍ਰੋਜੈਕਟਾਂ ਦੇ ਸ਼ੁਰੂ ਹੋਣ ਨਾਲ ਕਸਬਾ ਸਨੌਰ ਦੀਆਂ ਪੁਰਾਣੀਆਂ ਮੁਸ਼ਕਲਾਂ ਦਾ ਹੱਲ ਹੋਵੇਗਾ ਅਤੇ ਸ਼ਹਿਰ ਦੀ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ।ਦੱਸਣਯੋਗ ਹੈ ਕਿ ਹਡਾਣਾ ਅਤੇ ਸਥਾਨਕ ਆਗੂਆਂ ਵੱਲੋਂ ਕਸਬੇ ਦੀ ਫਿਰਨੀ ਵਿਖੇ ਪਾਣੀ ਦੇ ਹੱਲ ਲਈ ਅੰਡਰਗਰਾਊਂਡ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਇਸ ਦੇ ਨਾਲ ਹੀ ਇਲਾਕੇ ਦੀ ਸ਼ਾਨ ਕਹੇ ਜਾਣ ਵਾਲੇ ਸ਼ਹੀਦ ਊਧਮ ਸਿੰਘ ਪਾਰਕ ਦੇ ਰਹਿੰਦੇ ਕੰਮਾਂ ਅਤੇ ਇਸ ਦੀ ਰੇਨੋਵੇਸ਼ਨ (ਨਵੀਨੀਕਰਨ) ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਤੋਂ ਇਲਾਵਾ ਸਮਾਜਿਕ ਸਮਾਗਮਾਂ ਲਈ ਲੋਕਾਂ ਦੀ ਸਹੂਲਤ ਵਾਸਤੇ ਵਿਸ਼ਵਕਰਮਾ ਭਵਨ ਵਿਖੇ ਇੱਕ ਆਧੁਨਿਕ ਕਮਿਊਨਿਟੀ ਸੈਂਟਰ ਬਨਾਉਣ ਦੇ ਕੰਮਾਂ ਦਾ ਵੀ ਨੀਂਹ ਪੱਥਰ ਰੱਖਿਆ ਗਿਆ। ਜਿਸ ਦੀ ਮੰਗ ਇਲਾਕਾ ਨਿਵਾਸੀਆਂ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਨਿਸ਼ਾਨਾ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕਸਬਾ ਸਨੌਰ ਦੇ ਵਿਕਾਸ ਲਈ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ, "ਅਸੀਂ ਸਿਰਫ਼ ਗੱਲਾਂ ਨਹੀਂ ਕਰਦੇ, ਸਗੋਂ ਕੰਮ ਕਰਕੇ ਦਿਖਾਉਂਦੇ ਹਾਂ। ਅੱਜ ਰੱਖੇ ਗਏ ਇਹ ਨੀਂਹ ਪੱਥਰ ਇਸ ਗੱਲ ਦਾ ਸਬੂਤ ਹਨ ਕਿ ਸਾਡੀ ਨੀਅਤ ਸਾਫ਼ ਹੈ ਅਤੇ ਨੀਤੀ ਵਿਕਾਸ ਵਾਲੀ ਹੈ।"ਨੀਂਹ ਪੱਥਰ ਰੱਖਣ ਮੌਕੇ ਸਨੌਰ ਦੇ ਸਥਾਨਕ ਆਗੂਆਂ ਅਤੇ ਵਾਰਡ ਨਿਵਾਸੀਆਂ ਨੇ ਰਣਜੋਧ ਹਡਾਣਾ ਦਾ ਭਰਵਾਂ ਸਵਾਗਤ ਕੀਤਾ। ਸ਼ਹਿਰ ਨਿਵਾਸੀਆਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਵੋਟਾਂ ਵੇਲੇ ਹੀ ਨੀਂਹ ਪੱਥਰ ਰੱਖੇ ਸਨ, ਪਰ ਹਡਾਣਾ ਦੀ ਸਰਗਰਮੀ ਸਦਕਾ ਅੱਜ ਜ਼ਮੀਨੀ ਪੱਧਰ 'ਤੇ ਕੰਮ ਸ਼ੁਰੂ ਹੋ ਰਹੇ ਹਨ। ਖ਼ਾਸ ਕਰਕੇ ਫਿਰਨੀ ਦੇ ਅੰਡਰਗਰਾਊਂਡ ਪਾਈਪਾਂ ਦੇ ਪ੍ਰੋਜੈਕਟ ਨਾਲ ਸਨੌਰ ਦੀ ਇੱਕ ਵੱਡੀ ਦਿੱਕਤ ਦੂਰ ਹੋਣ ਦੀ ਉਮੀਦ ਜਗੀ ਹੈ।ਹਡਾਣਾ ਨੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਜਨਤਾ ਦਾ ਪੈਸਾ ਹੈ ਅਤੇ ਇਸ ਦੀ ਵਰਤੋਂ ਪੂਰੀ ਪਾਰਦਰਸ਼ਤਾ ਨਾਲ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਖ਼ੁਦ ਸਮੇਂ-ਸਮੇਂ 'ਤੇ ਇਨ੍ਹਾਂ ਕੰਮਾਂ ਦੀ ਨਿਗਰਾਨੀ ਕਰਨਗੇ ਤਾਂ ਜੋ ਕੰਮ ਤੈਅ ਸਮੇਂ ਅੰਦਰ ਮੁਕੰਮਲ ਹੋ ਸਕਣ।ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਐਮ.ਸੀ., ਬਲਾਕ ਪ੍ਰਧਾਨ, ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਕਸਬਾ ਨਿਵਾਸੀ ਹਾਜ਼ਰ ਸਨ। ਅਖੀਰ ਵਿੱਚ ਹਡਾਣਾ ਨੇ ਸਾਰੇ ਸ਼ਹਿਰ ਨਿਵਾਸੀਆਂ ਨੂੰ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦੀ ਵਧਾਈ ਦਿੱਤੀ।
Pehar TV ਪਹਿਰ ਟੀਵੀ
© Pehar TV | All Rights Reserved

0 Comments