ਸਨੌਰ ਦੇ ਅਧੀਨ ਆਉਂਦੇ ਜਵਾਹਰ ਨਵੋਦਿਆ ਵਿਦਿਆਲਿਆ ਫਤਿਹਪੁਰ ਰਾਜਪੂਤਾਂ ਵਿੱਚ ਫੁੱਟਬਾਲ ਵੰਡ ਸਮਾਗਮ ਬੜੀ ਧੂਮਧਾਮ ਨਾਲ ਕਰਵਾਇਆ ਗਿਆ, ਜਿਸ ਵਿੱਚ ਵਿਦਿਆਲਿਆ ਦੇ ਪ੍ਰਿੰਸੀਪਲ ਗੁਰਜਿੰਦਰ ਸਿੰਘ, ਸਕੂਲ ਸਟਾਫ, ਵਿਦਿਆਰਥੀਆਂ ਅਤੇ ਵੱਖ-ਵੱਖ ਸਕੂਲਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਸਟੇਟ ਕੰਟੇਨਰ ਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਲਿਮਿਟਿਡ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਅਤੇ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਸਮੇਤ ਕਈ ਪ੍ਰਮੁੱਖ ਹਸਤੀਆਂ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੀਆਂ ਸਮਾਗਮ ਦੌਰਾਨ ਪ੍ਰੋਫੈਸਰ ਜਸਵੰਤ ਸਿੰਘ, ਡੀਐੱਸਪੀ ਦਰਸ਼ਨਜੀਤ ਸਿੰਘ, ਸੰਤੋਖ ਸਿੰਘ ਅਤੇ ਜੇਐੱਨਵੀ ਐਲੂਮਨੀ ਹਰਵਿੰਦਰ ਸਿੰਘ ਨੇ ਵੀ ਹਾਜ਼ਰੀ ਲਗਵਾਈ। ਇਸ ਮੌਕੇ ਇੰਦਰਜੀਤ ਸਿੰਘ ਸੰਧੂ ਨੇ ਜੇਐੱਨਵੀ ਸੰਸਥਾ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸੰਸਥਾ ਨੇ ਦੇਸ਼ ਨੂੰ ਅਨੇਕਾਂ ਕਾਬਿਲ ਅਧਿਕਾਰੀ ਦਿੱਤੇ ਹਨ ਅਤੇ ਅੱਜ ਭਾਰਤ ਭਰ ਵਿੱਚ ਸੈਂਕੜਿਆਂ ਆਈਏਐਸ, ਆਈਪੀਐਸ ਅਤੇ ਹੋਰ ਉੱਚ ਅਧਿਕਾਰੀ ਇਸ ਸੰਸਥਾ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਜੇਐੱਨਵੀ ਫਤਿਹਪੁਰ ਰਾਜਪੂਤਾਂ ਦੀਆਂ ਉਪਲਬਧੀਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਸਕੂਲ ਨੇ ਬਹੁਤ ਸਾਰੇ ਮਸ਼ਹੂਰ ਲੇਖਕਾਂ, ਕਲਾਕਾਰਾਂ, ਅਧਿਕਾਰੀਆਂ ਅਤੇ ਪੱਤਰਕਾਰਾਂ ਨੂੰ ਜਨਮ ਦਿੱਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇਐੱਨਵੀ ਪਟਿਆਲਾ ਅਲੂਮਨੀ ਐਸੋਸੀਏਸ਼ਨ ਪੁਰਾਣੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ, ਜਿਸ ਦੇ ਨਤੀਜੇ ਵਜੋਂ ਪਿਛਲੇ ਸਾਲ ਹੋਈ ਐਲੂਮਨੀ ਮੀਟ ਨੇ ਯਾਦਗਾਰ ਪੈੜਾਂ ਛੱਡੀਆਂ। ਇਸ ਮੌਕੇ ਪ੍ਰੋਫੈਸਰ ਜਸਵੰਤ ਸਿੰਘ ਵੱਲੋਂ ਸਕੂਲ ਦੀ ਬਿਹਤਰੀ ਲਈ ਤਿੰਨ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ, ਜਿਸ ਲਈ ਪ੍ਰਿੰਸੀਪਲ ਗੁਰਜਿੰਦਰ ਸਿੰਘ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਸਕੂਲ ਸਟਾਫ ਵੱਲੋਂ ਮਹਿਮਾਨਾਂ ਨੂੰ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਸਕੂਲ ਦੇ ਖੇਡ ਮੈਦਾਨ ਵਿੱਚ ਫੁੱਟਬਾਲ ਮੈਚ ਕਰਵਾਇਆ ਗਿਆ, ਜਿੱਥੇ ਮਹਿਮਾਨਾਂ ਨੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕਰਕੇ ਉਨ੍ਹਾਂ ਨੂੰ ਹੱਲਾਸ਼ੇਰੀ ਦਿੱਤੀ। ਇਹ ਸਮਾਗਮ ਸਕੂਲ ਦੇ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣਿਆ।
Pehar TV ਪਹਿਰ ਟੀਵੀ
© Pehar TV | All Rights Reserved
0 Comments