ਘਨੌਰ 4 ਮਾਰਚ ( ਜਪਅਨੰਤਪ੍ਰੀਤ ਸਿੰਘ )
ਹਲਕਾ ਘਨੌਰ ਇੰਚਾਰਜ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਉਨ੍ਹਾਂ ਦੇ ਪਤਨੀ ਬੀਬੀ ਪਰਮਿੰਦਰ ਕੌਰ ਝਿੰਜਰ ਵੱਲੋਂ ‘ਜਨ ਸੰਪਰਕ ਅਭਿਆਨ’ ਤਹਿਤ ਵੱਖ-ਵੱਖ ਪਿੰਡਾਂ ਵਿੱਚ ਦੌਰੇ ਦੌਰਾਨ ਲੋਕਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਇਸ ਦੌਰੇ ਦੌਰਾਨ ਉਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਹਿਤੈਸ਼ੀ ਨੀਤੀਆਂ ਬਾਰੇ ਜਾਣਕਾਰੀ ਦਿੱਤੀ।ਬੀਬੀ ਪਰਮਿੰਦਰ ਕੌਰ ਝਿੰਜਰ ਨੇ ਵੱਖ-ਵੱਖ ਪਿੰਡਾਂ ਲੱਖੋ ਮਾਜਰਾ, ਘੁਮਾਣਾ, ਸ਼ਾਹਪੁਰ ਅਫ਼ਗਾਨਾ, ਨਰੇੜੂ, ਛੱਪੜ, ਗੰਡਾ ਖੇੜੀ, ਭੋਗਲਾ ਅਤੇ ਖਾਨਪੁਰ ਆਦਿ ਵਿੱਚ ਵਿਸ਼ੇਸ਼ ਤੌਰ ਉੱਤੇ ਮਹਿਲਾਵਾਂ ਨਾਲ ਬੈਠਕਾਂ ਕਰ ਕੇ ਉਨ੍ਹਾਂ ਨੂੰ ਆ ਰਹੀਆਂ ਦਿੱਕਤਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤਾ ਗਿਆ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੀ ਜਨਤਾ ਨਾਲ ਕਈ ਵੱਡੇ ਵਾਅਦੇ ਕੀਤੇ ਸਨ, ਜਿਨ੍ਹਾਂ ਵਿੱਚੋਂ ਇੱਕ ਵਾਅਦਾ ਮਹਿਲਾਵਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵੀ ਸੀ। ਪਰ ਸਾਢੇ ਚਾਰ ਸਾਲ ਬੀਤ ਜਾਣ ਮਗਰੋਂ ਵੀ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।ਬੀਬੀ ਪਰਮਿੰਦਰ ਕੌਰ ਝਿੰਜਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਕਾਨੂੰਨ-ਵਿਵਸਥਾ, ਬੇਰੁਜ਼ਗਾਰੀ ਅਤੇ ਮਹਿੰਗਾਈ ਵਰਗੇ ਮੁੱਦੇ ਲਗਾਤਾਰ ਗੰਭੀਰ ਹੋ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਧਿਆਨ ਲੋਕ-ਮੁੱਦਿਆਂ ਤੋਂ ਹਟਾ ਕੇ ਸਿਰਫ਼ ਪ੍ਰਚਾਰ ਤੇ ਧਿਆਨ ਦਿੱਤਾ ਜਾ ਰਿਹਾ ਹੈ, ਜਦਕਿ ਆਮ ਜਨਤਾ ਰੋਜ਼ਾਨਾ ਦੀਆਂ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਹੀ ਹੈ।ਬੀਬੀ ਪਰਮਿੰਦਰ ਕੌਰ ਝਿੰਜਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣ ਵਿੱਚ ਸਰਕਾਰ ਪੂਰੀ ਤਰ੍ਹਾਂ ਅਸਫਲ ਹੋ ਚੁੱਕੀ ਹੈ। ਲੋਕ ਆਪਣੇ ਬੱਚਿਆਂ ਨੂੰ ਘਰੋਂ ਬਾਹਰ ਭੇਜਣ ਵਿੱਚ ਵੀ ਡਰ ਮਹਿਸੂਸ ਕਰ ਰਹੇ ਹਨ। ਸ਼ਹਿਰਾਂ ਅਤੇ ਪਿੰਡਾਂ ਵਿੱਚ ਕਤਲ, ਚੋਰੀਆਂ, ਲੁੱਟ ਅਤੇ ਹੋਰ ਹਿੰਸਕ ਘਟਨਾਵਾਂ ਵੱਧ ਰਹੀਆਂ ਹਨ, ਜਿਸ ਕਾਰਨ ਲੋਕ ਆਪਣੀ ਸੁਰੱਖਿਆ ਅਤੇ ਭਵਿੱਖ ਨੂੰ ਲੈ ਕੇ ਬੇਚੈਨ ਹਨ। ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ, ਵਪਾਰੀ ਅਤੇ ਨੌਜਵਾਨ ਸਭ ਵਰਗ ਸਰਕਾਰ ਦੀ ਨੀਤੀਆਂ ਤੋਂ ਨਿਰਾਸ਼ ਹਨ।
ਬੀਬੀ ਪਰਮਿੰਦਰ ਕੌਰ ਝਿੰਜਰ ਨੇ ਕਿਹਾ ਕਿ ਹੁਣ ਜਦੋਂ 2027 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਸਰਕਾਰ ਦੁਬਾਰਾ ਲੋਕਾਂ ਨੂੰ ਲਾਲਚ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਆਖ਼ਰੀ ਮਹੀਨਿਆਂ ਦੇ ਪੈਸੇ ਦੇ ਕੇ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦੀ।ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ ਪਿਛਲੇ ਸਾਲਾਂ ਦਾ ਬਣਦਾ ਕਰੀਬ 48 ਹਜ਼ਾਰ ਰੁਪਏ ਬਕਾਇਆ ਇਕੱਠਾ ਕਰਕੇ ਤੁਰੰਤ ਜਾਰੀ ਕੀਤਾ ਜਾਵੇ ਅਤੇ ਅੱਗੇ ਤੋਂ ਨਿਯਮਿਤ ਤੌਰ ‘ਤੇ ਹਰ ਮਹੀਨੇ ਹਜ਼ਾਰ ਰੁਪਏ ਦੀ ਰਕਮ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਹਲਕਾ ਘਨੌਰ ਦੇ ਹਰ ਪਿੰਡ ਵਿੱਚ ਜਾ ਕੇ ਲੋਕਾਂ ਦੀਆਂ ਖਾਸ ਕਰਕੇ ਔਰਤਾਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਹਰ ਮੁੱਦੇ ਨੂੰ ਜਨਤਾ ਦੀ ਆਵਾਜ਼ ਬਣਾ ਕੇ ਉੱਪਰ ਤੱਕ ਪਹੁੰਚਾਇਆ ਜਾਵੇਗਾ। ਮਹਿਲਾਵਾਂ ਦੇ ਸਨਮਾਨ ਅਤੇ ਹੱਕਾਂ ਲਈ ਅਕਾਲੀ ਦਲ ਪੂਰੀ ਤਰ੍ਹਾਂ ਵਚਨਬੱਧ ਹੈ।ਅੰਤ ਵਿੱਚ ਬੀਬੀ ਪਰਮਿੰਦਰ ਕੌਰ ਝਿੰਜਰ ਨੇ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਹੁਣ ਪੂਰੀ ਤਰ੍ਹਾਂ ਜਾਗਰੂਕ ਹਨ ਅਤੇ ਉਹ ਆਪਣੇ ਹੱਕਾਂ ਲਈ ਡੱਟ ਕੇ ਖੜ੍ਹੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਾਅਦਿਆਂ ਦੇ ਆਧਾਰ ‘ਤੇ ਸਰਕਾਰ ਬਣੀ ਸੀ, ਉਹਨਾਂ ਨੂੰ ਪੂਰਾ ਕਰਨਾ ਸਰਕਾਰ ਦੀ ਨੈਤਿਕ ਅਤੇ ਸੰਵਿਧਾਨਕ ਜ਼ਿੰਮੇਵਾਰੀ ਹੈ। ਜੇਕਰ ਪੰਜਾਬ ਸਰਕਾਰ ਤੁਰੰਤ ਮਹਿਲਾਵਾਂ ਦਾ ਬਣਦਾ ਬਕਾਇਆ ਜਾਰੀ ਨਹੀਂ ਕਰਦੀ ਅਤੇ ਚੋਣੀ ਵਾਅਦੇ ਪੂਰੇ ਨਹੀਂ ਕਰਦੀ ਤਾਂ ਲੋਕ ਆਉਣ ਵਾਲੇ ਸਮੇਂ ਵਿੱਚ ਆਪਣੇ ਵੋਟ ਦੇ ਅਧਿਕਾਰ ਨਾਲ ਇਸਦਾ ਢੁੱਕਵਾਂ ਜਵਾਬ ਦੇਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਹਰ ਵਰਗ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਕਰਦਾ ਰਹੇਗਾ।
0 Comments