ਸਨੌਰ 3 ਮਾਰਚ (ਜਪਅਨੰਤਪ੍ਰੀਤ ਸਿੰਘ)
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਣਯੋਗ ਅਦਾਲਤ ਵੱਲੋਂ ਸ਼ਰਾਬ ਘੁਟਾਲਾ ਮਾਮਲੇ ਵਿੱਚ ਬਰੀ ਕੀਤੇ ਜਾਣ ਤੋਂ ਬਾਅਦ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ ਹੈ। ਇਸ ਸਬੰਧੀ ਕਨਵੇਅਰ ਵਿਭਾਗ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਵੱਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਅਤੇ ਖੁਸ਼ੀ ਸਾਂਝੀ ਕੀਤੀ ਗਈ। ਚੋਣਵੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਅਦਾਲਤ ਦੇ ਫ਼ੈਸਲੇ ਨਾਲ ਸੱਚਾਈ ਦੀ ਜਿੱਤ ਹੋਈ ਹੈ ਅਤੇ ਇਹ ਫ਼ੈਸਲਾ ਰਾਜਨੀਤੀ ਵਿੱਚ ਇਮਾਨਦਾਰੀ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਚੱਲ ਰਹੇ ਇਸ ਮਾਮਲੇ ਕਾਰਨ ਪਾਰਟੀ ਅਤੇ ਉਸਦੇ ਆਗੂਆਂ ਨੂੰ ਬੇਵਜ੍ਹਾ ਨਿਸ਼ਾਨਾ ਬਣਾਇਆ ਗਿਆ, ਪਰ ਹੁਣ ਅਦਾਲਤ ਦੇ ਫ਼ੈਸਲੇ ਨਾਲ ਸਾਰੇ ਦੋਸ਼ ਨਿਰਾਧਾਰ ਸਾਬਤ ਹੋ ਗਏ ਹਨ। ਸੰਧੂ ਨੇ ਕਿਹਾ ਕਿ ਇਹ ਫ਼ੈਸਲਾ ਲੋਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਪਾਰਟੀ ਹੋਰ ਜੋਸ਼ ਨਾਲ ਲੋਕ ਸੇਵਾ ਵਿੱਚ ਜੁਟੇਗੀ। ਇਸ ਮੌਕੇ ਸੰਧੂ ਨੇ ਸੁਨੀਤਾ ਕੇਜਰੀਵਾਲ ਨੂੰ ਵੀ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਮੁਸ਼ਕਲ ਸਮੇਂ ਦੌਰਾਨ ਉਨ੍ਹਾਂ ਨੇ ਪਰਿਵਾਰ ਅਤੇ ਪਾਰਟੀ ਦਾ ਹੌਸਲਾ ਬਣਾਈ ਰੱਖਿਆ। ਉਨ੍ਹਾਂ ਕਿਹਾ ਕਿ ਇਹ ਸਮਾਂ ਪਾਰਟੀ ਲਈ ਨਵੀਂ ਉਰਜਾ ਨਾਲ ਅੱਗੇ ਵਧਣ ਦਾ ਹੈ ਅਤੇ ਆਮ ਆਦਮੀ ਪਾਰਟੀ ਲੋਕ-ਹਿਤ ਨੀਤੀਆਂ ਨੂੰ ਹੋਰ ਤਾਕਤ ਨਾਲ ਅੱਗੇ ਲੈ ਕੇ ਜਾਵੇਗੀ। ਸੰਧੂ ਨੇ ਅੱਗੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪਾਰਟੀ ਨੇ ਹਮੇਸ਼ਾਂ ਸਿੱਖਿਆ, ਸਿਹਤ ਅਤੇ ਲੋਕ ਭਲਾਈ ਦੇ ਮੁੱਦਿਆਂ ਨੂੰ ਤਰਜੀਹ ਦਿੱਤੀ ਹੈ ਅਤੇ ਭਵਿੱਖ ਵਿੱਚ ਵੀ ਇਹ ਯਤਨ ਜਾਰੀ ਰਹਿਣਗੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਜੁੜ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ। ਅੰਤ ਵਿੱਚ ਉਨ੍ਹਾਂ ਕਿਹਾ ਕਿ ਅਦਾਲਤ ਦਾ ਇਹ ਫ਼ੈਸਲਾ ਲੋਕਤੰਤਰ ਅਤੇ ਨਿਆਂ ਪ੍ਰਣਾਲੀ ‘ਤੇ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ ਵਾਲਾ ਸਾਬਤ ਹੋਇਆ ਹੈ।
0 Comments