ਸਨੌਰ 8 ਮਾਰਚ (ਜਪਅਨੰਤਪ੍ਰੀਤ ਸਿੰਘ)
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੁਣ ਸੂਬੇ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦੀ ਗੱਲ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਸਵਾਲ ਉਠਾਏ ਜਾ ਰਹੇ ਹਨ। ਇਹ ਗੱਲ ਕਰਦਿਆਂ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਦਲਵਿੰਦਰ ਸਿੰਘ ਧੰਜੂ ਨੇ ਕਿਹਾ ਕਿ ਮਾਨ ਸਰਕਾਰ ਪੂਰੀ ਸੱਤਾ ਭੋਗਣ ਤੋਂ ਬਾਅਦ ਹੁਣ ਲੋਕਾਂ ਨੂੰ ਨਵੇਂ ਵਾਅਦਿਆਂ ਨਾਲ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੀਆਂ ਔਰਤਾਂ ਨਾਲ ਹਰ ਮਹੀਨੇ 1000 ਰੁਪਏ ਦੇਣ ਦਾ ਵੱਡਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਨ ਤੋਂ ਬਾਅਦ ਲੰਮੇ ਸਮੇਂ ਤੱਕ ਇਸ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ। ਧੰਜੂ ਨੇ ਕਿਹਾ ਕਿ ਜੇ ਇਹ ਸਕੀਮ ਸਰਕਾਰ ਬਣਦੇ ਹੀ ਲਾਗੂ ਕਰ ਦਿੱਤੀ ਜਾਂਦੀ ਤਾਂ ਅੱਜ ਤੱਕ ਔਰਤਾਂ ਨੂੰ ਲਗਭਗ ਚਾਰ ਸਾਲਾਂ ਦੇ ਬਕਾਏ ਵਜੋਂ ਕਰੀਬ 48,000 ਰੁਪਏ ਮਿਲ ਚੁੱਕੇ ਹੁੰਦੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ਰਾਜਨੀਤਿਕ ਮਾਹੌਲ ਫਿਰ ਗਰਮ ਹੋ ਰਿਹਾ ਹੈ ਤਾਂ ਸਰਕਾਰ ਇਸ ਮੁੱਦੇ ਨੂੰ ਦੁਬਾਰਾ ਉਠਾ ਕੇ ਲੋਕਾਂ ਦੀ ਹਮਦਰਦੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਧੰਜੂ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਅਤੇ ਆਮ ਲੋਕ ਹੁਣ ਬਹੁਤ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਸਰਕਾਰ ਦੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਦੇ ਲੋਕ ਮਹਿੰਗਾਈ, ਬੇਰੁਜ਼ਗਾਰੀ ਅਤੇ ਹੋਰ ਕਈ ਸਮੱਸਿਆਵਾਂ ਨਾਲ ਜੂਝ ਰਹੇ ਹਨ, ਪਰ ਸਰਕਾਰ ਇਨ੍ਹਾਂ ਮੁੱਦਿਆਂ ਦਾ ਹੱਲ ਕਰਨ ਦੀ ਬਜਾਏ ਨਵੀਆਂ ਘੋਸ਼ਣਾਵਾਂ ਕਰ ਰਹੀ ਹੈ। ਅੰਤ ਵਿੱਚ ਧੰਜੂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਦਾ ਪੂਰਾ ਹਿਸਾਬ ਲੈਣਗੇ ਅਤੇ ਸੱਚਾਈ ਦੇ ਆਧਾਰ ‘ਤੇ ਹੀ ਆਪਣਾ ਫੈਸਲਾ ਕਰਨਗੇ।

0 Comments