ਪਟਿਆਲਾ 18 ਮਾਰਚ ( ਪਹਿਰ ਟੀਵੀ ਬਿਉਰੋ)
ਬੇਅਦਬੀ ਖਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਦੀ ਨਜ਼ਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਉਪਰ ਕੁਝ ਵੀ ਨਹੀਂ ਹੈ। ਇਸ ਲਈ ਸਿੱਖ ਕੌਮ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਰਦਸ਼ਤ ਨਹੀਂ ਕਰ ਸਕਦੇ। ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਲਈ ਉਮਰਕੈਦ ਜਾਂ ਮੌਤ ਸਜ਼ਾ ਦੀ ਮੰਗ ਕਰ ਰਹੇ ਪਰ ਜਾਦੂ ਟੋਣਿਆਂ ਵਾਲੀ ਕਿਤਾਬ ਗ੍ਰੰਥ ਸਾਹਿਬ ਦੀ ਬਰਾਬਰ ਨਹੀਂ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕਾਨੂੰਨ ਵੀ ਚਾਹੀਦਾ ਹੈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਵਉੱਚਤਾ ਵੀ ਚਾਹੀਦੀ ਹੈ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 1921 ਵਿਚ ਹਜ਼ਰਤ ਮੁਹੰਮਦ ਜੀ ਦੇ ਖ਼ਿਲਾਫ਼ ਇੱਕ ਕਿਤਾਬ ਛਪੀ ਸੀ, ਜਿਸਨੇ ਵੱਖਰਾ ਪਾਕਿਸਤਨ ਬਣਨ ਲਈ ਮੁੱਢ ਬੰਨ੍ਹਿਆ ਸੀ। ਉਨ੍ਹਾਂ ਕਿਹਾ ਕਿ ਸਾਰੇ ਫ਼ਸਾਦ ਦੀ ਜੜ੍ਹ ਇਹ ਕਿਤਾਬ ਹੀ ਬਣੀ ਸੀ ਜੇਕਰ ਇਹ ਕਿਤਾਬ ਨਾ ਛਪਦੀ ਤਾਂ ਪਾਕਿਸਤਾਨ ਵੀ ਨਾ ਬਣਦਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਪੰਜਾਬ ਵਿੱਚ ਬੇਅਦਬੀਆਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਵੇ, ਸਿੱਖ ਆਪਣੇ ਗੁਰੂ ਦੇ ਬੇਅਦਬੀ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਜਿਵੇਂ ਪਹਿਲਾਂ ਮੁਲਕ ਦੋ ਹਿੱਸਿਆਂ ਵਿਚ ਵੰਡਿਆ ਗਿਆ ਸੀ, ਉਸ ਤਰ੍ਹਾਂ ਹੁਣ ਬੇਅਦਬੀਆਂ ਨਾਲ ਦੇਸ਼ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ ਰਚੀਆਂ ਜਾ ਰਹੀਆਂ ਹਨ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਤਵਿੰਦਰ ਸਿੰਘ ਟੌਹੜਾ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਵੱਡੀ ਗਿਣਤੀ ਸੰਗਤ ਮੌਜੂਦ ਰਹੀ।

0 Comments