ਸਨੌਰ, 12 ਅਪ੍ਰੈਲ (ਬਿੰਦਰ ਜਵਾਲੀਆ)
ਪੰਜਾਬ ਦੀਆਂ ਔਰਤਾਂ ਲਈ ਆਰਥਿਕ ਸਹਾਇਤਾ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਚੋਣਾ ਦੌਰਾਨ ਕੀਤਾ ਵਾਅਦਾ ਪੂਰਾ ਕਰਨ ਦੀ ਦਿਸ਼ਾ ਵਿੱਚ ਅਮਲ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਦੇਣ ਦੀ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਸਨੌਰ ਤੋਂ ਸੀਨੀਅਰ ‘ਆਪ’ ਆਗੂ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਔਰਤਾਂ ਦੀ ਆਰਥਿਕ ਮਜ਼ਬੂਤੀ ਇਸਦਾ ਇੱਕ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਔਰਤਾਂ ਨੂੰ ਆਤਮਨਿਰਭਰ ਬਣਾਉਣ ਅਤੇ ਘਰੇਲੂ ਖਰਚਾਂ ਵਿੱਚ ਸਹਾਇਤਾ ਦੇਣ ਵਿੱਚ ਵੱਡੀ ਭੂਮਿਕਾ ਨਿਭਾਏਗੀ। ਸੰਧੂ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਯੋਗ ਔਰਤਾਂ ਆਪਣੇ ਨੇੜਲੇ ਸੁਵਿਧਾ ਕੇਂਦਰਾਂ, ਕੌਂਸਲਰਾਂ ਜਾਂ ਪਿੰਡਾਂ ਦੇ ਸਰਪੰਚਾਂ ਨਾਲ ਸੰਪਰਕ ਕਰ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਔਰਤਾਂ ਇਸਦਾ ਲਾਭ ਲੈ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਿਤ ਨਹੀਂ ਰਹੀ, ਸਗੋਂ ਹਰ ਵਾਅਦੇ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਮਾਨ ਸਰਕਾਰ ਦੇ ਇਹ ਕਦਮ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ‘ਤੇ ਲੈ ਜਾਣ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ। ਅੰਤ ਵਿੱਚ ਉਨ੍ਹਾਂ ਨੇ ਇਲਾਕੇ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਰਜਿਸਟ੍ਰੇਸ਼ਨ ਕਰਵਾ ਕੇ ਇਸ ਯੋਜਨਾ ਦਾ ਲਾਭ ਲੈਣ ਅਤੇ ਆਪਣੇ ਆਰਥਿਕ ਹਾਲਾਤ ਮਜ਼ਬੂਤ ਬਣਾਉਣ ਵੱਲ ਕਦਮ ਚੁੱਕਣ।
Pehar TV ਪਹਿਰ ਟੀਵੀ
© Pehar TV | All Rights Reserved
0 Comments