ਸਨੌਰ, 20 ਅਪ੍ਰੈਲ (ਜਪਅਨੰਤਪ੍ਰੀਤ ਸਿੰਘ)
ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਮੌਜੂਦਾ ਆਰਥਿਕ, ਉਦਯੋਗਿਕ ਅਤੇ ਕਾਨੂੰਨੀ ਸਥਿਤੀ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਕਰੀਬ 4 ਲੱਖ ਕਰੋੜ ਰੁਪਏ ਦੇ ਭਾਰੀ ਕਰਜ਼ੇ ਹੇਠ ਦਬਿਆ ਹੋਇਆ ਹੈ, ਪਰ ਇਸ ਕਰਜ਼ੇ ਨੂੰ ਘਟਾਉਣ ਜਾਂ ਰਾਜ ਦੀ ਆਮਦਨ ਵਧਾਉਣ ਲਈ ਕੋਈ ਢੁਕਵੇਂ ਅਤੇ ਦੂਰਦਰਸ਼ੀ ਕਦਮ ਨਹੀਂ ਚੁੱਕੇ ਜਾ ਰਹੇ। ਰਿਆੜ ਨੇ ਸਰਕਾਰ ਨੂੰ ਸੁਝਾਅ ਦਿੰਦਿਆਂ ਕਿਹਾ ਕਿ ਪਟਿਆਲਾ ਦੇ ਫੋਕਲ ਪੁਆਇੰਟ ਵਿੱਚ ਕਰੀਬ 664 ਉਦਯੋਗਿਕ ਪਲਾਟਾਂ ਵਿੱਚੋਂ ਤਕਰੀਬਨ 30 ਪ੍ਰਤੀਸ਼ਤ ਲੰਮੇ ਸਮੇਂ ਤੋਂ ਖਾਲੀ ਪਏ ਹਨ। ਉਨ੍ਹਾਂ ਕਿਹਾ ਕਿ ਇਹ ਪਲਾਟ ਰਾਜ ਲਈ ਇਕ ਵੱਡਾ ਮੌਕਾ ਸਾਬਤ ਹੋ ਸਕਦੇ ਹਨ, ਜੇਕਰ ਇੱਥੇ ਨਵੀਆਂ ਇੰਡਸਟਰੀਆਂ ਲਗਾਈਆਂ ਜਾਣ। ਇਸ ਨਾਲ ਸਿਰਫ਼ ਨਿਵੇਸ਼ ਨੂੰ ਪ੍ਰੋਤਸਾਹਨ ਨਹੀਂ ਮਿਲੇਗਾ, ਸਗੋਂ ਸਥਾਨਕ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਡੇ ਮੌਕੇ ਵੀ ਪ੍ਰਾਪਤ ਹੋਣਗੇ। ਉਨ੍ਹਾਂ ਜੋੜਿਆ ਕਿ ਉਦਯੋਗਿਕ ਵਿਕਾਸ ਰਾਹੀਂ ਰਾਜ ਦੀ ਆਮਦਨ ਵਧੇਗੀ ਅਤੇ ਕਰਜ਼ਾ ਘਟਾਉਣ ਵੱਲ ਵੀ ਇੱਕ ਢੁਕਵਾਂ ਕਦਮ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਸਥਿਤੀ ਇਹ ਹੈ ਕਿ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਰੋਜ਼ਗਾਰ ਦੀ ਖਾਤਰ ਹਿਮਾਚਲ ਪ੍ਰਦੇਸ਼, ਗੁਜਰਾਤ ਅਤੇ ਉੱਤਰ ਪ੍ਰਦੇਸ਼ ਵਰਗੇ ਹੋਰ ਰਾਜਾਂ ਵੱਲ ਮਾਈਗਰੇਟ ਕਰ ਰਹੇ ਹਨ। ਜੇਕਰ ਪੰਜਾਬ ਵਿੱਚ ਹੀ ਉਦਯੋਗਿਕ ਮਾਹੌਲ ਤਿਆਰ ਕੀਤਾ ਜਾਵੇ, ਤਾਂ ਨੌਜਵਾਨਾਂ ਨੂੰ ਆਪਣੇ ਘਰ ਦੇ ਨੇੜੇ ਹੀ ਰੋਜ਼ਗਾਰ ਮਿਲ ਸਕਦਾ ਹੈ ਅਤੇ ਪ੍ਰਵਾਸ ਨੂੰ ਰੋਕਿਆ ਜਾ ਸਕਦਾ ਹੈ। ਇਸ ਮੌਕੇ ਰਿਆੜ ਨੇ ਗਊ ਚਰਾਂਦਾ ਲਈ ਰਾਖਵੀਂ ਜ਼ਮੀਨ ਦੇ ਮਸਲੇ ਨੂੰ ਵੀ ਉਠਾਇਆ। ਉਨ੍ਹਾਂ ਦੋਸ਼ ਲਗਾਇਆ ਕਿ ਕਰੀਬ ਸਵਾ ਲੱਖ ਏਕੜ ਜ਼ਮੀਨ ‘ਤੇ ਗੈਰਕਾਨੂੰਨੀ ਕਬਜ਼ਾ ਕੀਤਾ ਗਿਆ ਹੈ, ਜੋ ਕਿ ਚਿੰਤਾਜਨਕ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਤੁਰੰਤ ਕਾਰਵਾਈ ਕਰੇ ਅਤੇ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾ ਕੇ ਲੋਕ ਹਿੱਤ ਵਿੱਚ ਵਰਤੋਂ ਲਈ ਉਪਲਬਧ ਕਰਵਾਏ। ਅੰਤ ਵਿੱਚ ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਵੀ ਢਿੱਲੀ ਪੈ ਰਹੀ ਹੈ, ਜਿਸ ਨਾਲ ਆਮ ਲੋਕਾਂ ਵਿੱਚ ਅਸੁਰੱਖਿਆ ਦਾ ਮਾਹੌਲ ਬਣ ਰਿਹਾ ਹੈ। ਉਨ੍ਹਾਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਤੁਰੰਤ ਅਤੇ ਸਖ਼ਤ ਕਦਮ ਚੁੱਕੇ ਜਾਣ ਤਾਂ ਜੋ ਲੋਕਾਂ ਦਾ ਭਰੋਸਾ ਬਹਾਲ ਕੀਤਾ ਜਾ ਸਕੇ।

0 Comments