ਸਨੌਰ, 17 ਅਪ੍ਰੈਲ (ਬਿੰਦਰ ਜਵਾਲੀਆ) — ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੀ ਗਈ ਚਿੱਠੀ ਵਿੱਚ ਖਰੀਦ ਮਾਪਦੰਡਾਂ ਵਿੱਚ ਦਿੱਤੀ ਗਈ ਢਿੱਲ ਦਾ ਸਵਾਗਤ ਕਰਦਿਆਂ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਇਹ ਫੈਸਲਾ ਕਿਸਾਨਾਂ ਲਈ ਰਾਹਤਭਰਿਆ ਸਾਬਤ ਹੋਵੇਗਾ। ਸਾਬਕਾ ਵਿਧਾਇਕ ਚੰਦੂਮਾਜਰਾ ਨੇ ਸੂਬਾ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਗੰਭੀਰ ਮਸਲੇ ਵੱਲ ਯੋਗ ਧਿਆਨ ਨਹੀਂ ਦਿੱਤਾ ਅਤੇ ਸਿਆਸੀ ਸਮਾਗਮਾਂ ਵਿੱਚ ਹੀ ਵਿਅਸਤ ਰਹੇ। ਉਨ੍ਹਾਂ ਆਰੋਪ ਲਗਾਇਆ ਕਿ ਜੇ ਸੂਬਾ ਸਰਕਾਰ ਸਮੇਂ ਸਿਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੀ, ਤਾਂ ਕਿਸਾਨਾਂ ਨੂੰ 17 ਦਿਨਾਂ ਤੱਕ ਖਰੀਦ ਵਿੱਚ ਆਈ ਰੁਕਾਵਟਾਂ ਦਾ ਖਮਿਆਜ਼ਾ ਨਾ ਭੁਗਤਣਾ ਪੈਂਦਾ। ਚੰਦੂਮਾਜਰਾ ਨੇ ਕਿਹਾ ਕਿ ਮੌਜੂਦਾ ਹਾਲਾਤ ਸੂਬਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜੇ ਕਰਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਇਸ ਵਾਰ ਮਿਲੀ ਰਿਆਤ ਬਿਨਾਂ ਕਿਸੇ ਕੱਟ ਦੇ ਦਿੱਤੀ ਗਈ ਹੈ, ਜਦਕਿ ਰਵਾਇਤੀ ਤੌਰ ‘ਤੇ ਅਜਿਹੀਆਂ ਰਿਆਤਾਂ ਕੱਟ ਲਗਾ ਕੇ ਹੀ ਦਿੱਤੀਆਂ ਜਾਂਦੀਆਂ ਰਹੀਆਂ ਹਨ ਜਿਸਦੀ ਸਿਫਤ ਕਰਨੀ ਬਣਦੀ ਹੈ। ਅੰਤ ਵਿੱਚ, ਕੇਂਦਰ ਸਰਕਾਰ ਦੀ ਪ੍ਰਸ਼ੰਸਾ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਵਿਰੋਧੀ ਧਿਰ ਵਜੋਂ ਉਹ ਹਮੇਸ਼ਾਂ ਪੰਜਾਬ ਦੇ ਹੱਕਾਂ ਲਈ ਆਪਣੀ ਆਵਾਜ਼ ਉਠਾਉਂਦੇ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਯਤਨ ਜਾਰੀ ਰਹਿਣਗੇ
Pehar TV ਪਹਿਰ ਟੀਵੀ
© Pehar TV | All Rights Reserved
0 Comments