ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੀ ਨਿੰਦਾ ਕਰਦਿਆਂ ਹਲਕਾ ਸਨੌਰ ਦੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਇੰਧਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਹਰ ਵਰਗ ਦੀ ਜ਼ਰੂਰਤ ਹਨ ਅਤੇ ਇਨ੍ਹਾਂ ਦੀਆਂ ਕੀਮਤਾਂ ਵਿੱਚ ਵਾਧੇ ਦਾ ਸਿੱਧਾ ਅਸਰ ਮਹਿੰਗਾਈ 'ਤੇ ਪੈਂਦਾ ਹੈ। ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿੱਚ ਹੋ ਰਹੇ ਵਾਧੇ ਕਾਰਨ ਆਮ ਆਦਮੀ, ਕਿਸਾਨ, ਮਜ਼ਦੂਰ, ਛੋਟੇ ਵਪਾਰੀ ਅਤੇ ਟਰਾਂਸਪੋਰਟ ਸੈਕਟਰ ਨਾਲ ਜੁੜੇ ਲੋਕ ਬਹੁਤ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਜਦੋਂ ਇੰਧਨ ਮਹਿੰਗਾ ਹੁੰਦਾ ਹੈ ਤਾਂ ਆਵਾਜਾਈ ਦਾ ਖਰਚ ਵਧਦਾ ਹੈ, ਜਿਸ ਕਾਰਨ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਦੇ ਭਾਅ ਵੀ ਵੱਧ ਜਾਂਦੇ ਹਨ। ਇਸ ਦਾ ਸਭ ਤੋਂ ਵੱਧ ਬੋਝ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ 'ਤੇ ਪੈਂਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਲੋਕ ਪਹਿਲਾਂ ਹੀ ਬੇਰੁਜ਼ਗਾਰੀ ਅਤੇ ਵਧਦੇ ਖਰਚਿਆਂ ਨਾਲ ਜੂਝ ਰਹੇ ਹਨ, ਉੱਪਰੋਂ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਲੋਕ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇੰਧਨ 'ਤੇ ਲਗਾਏ ਜਾ ਰਹੇ ਟੈਕਸਾਂ ਵਿੱਚ ਕਟੌਤੀ ਕਰੇ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ। ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਲੋਕਾਂ ਨਾਲ ਜੁੜੇ ਹਰ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਰਥਿਕ ਤਰੱਕੀ ਤਦ ਹੀ ਸੰਭਵ ਹੈ ਜਦੋਂ ਆਮ ਆਦਮੀ ਨੂੰ ਮਹਿੰਗਾਈ ਤੋਂ ਰਾਹਤ ਮਿਲੇ ਅਤੇ ਉਸ ਦੀ ਖਰੀਦ ਸ਼ਕਤੀ ਮਜ਼ਬੂਤ ਹੋਵੇ। ਅੰਤ ਵਿੱਚ ਇੰਦਰਜੀਤ ਸਿੰਘ ਸੰਧੂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤੁਰੰਤ ਕਮੀ ਕਰਕੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦਿੱਤੀ ਜਾਵੇ, ਤਾਂ ਜੋ ਆਮ ਪਰਿਵਾਰਾਂ ਦਾ ਘਰੇਲੂ ਬਜਟ ਸੰਤੁਲਿਤ ਰਹਿ ਸਕੇ ਅਤੇ ਲੋਕਾਂ ਨੂੰ ਆਰਥਿਕ ਤੌਰ 'ਤੇ ਹੋ ਰਹੀ ਪ੍ਰੇਸ਼ਾਨੀ ਤੋਂ ਛੁਟਕਾਰਾ ਮਿਲ ਸਕੇ।
Pehar TV ਪਹਿਰ ਟੀਵੀ

0 Comments