ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਕੁਲਵਿੰਦਰ ਸਿੰਘ ਲਵਲੀ ਨੇ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਕਾਂਗਰਸ ਆਗੂ ਧੀਰੇਂਦਰ ਪ੍ਰਤਾਪ ਵੱਲੋਂ ਦਿੱਤਾ ਗਿਆ “ਪੰਜ ਪਿਆਰਿਆਂ” ਸਬੰਧੀ ਬਿਆਨ ਬਹੁਤ ਹੀ ਮੰਦਭਾਗਾ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਆਪਣੀ ਗੱਲ ਰੱਖਣੀ ਚਾਹੁੰਦੇ ਸਨ ਤਾਂ ਬਿਨਾਂ ਸਿੱਖ ਇਤਿਹਾਸ ਅਤੇ ਧਾਰਮਿਕ ਪ੍ਰਤੀਕਾਂ ਦਾ ਜ਼ਿਕਰ ਕੀਤੇ ਵੀ ਕਰ ਸਕਦੇ ਸਨ, ਪਰ ਸਸਤੀ ਸ਼ੋਹਰਤ ਹਾਸਲ ਕਰਨ ਲਈ ਜਾਣ-ਬੁੱਝ ਕੇ ਪੰਜ ਪਿਆਰਿਆਂ ਦਾ ਨਾਮ ਲਿਆ ਗਿਆ। ਲਵਲੀ ਨੇ ਕਿਹਾ ਕਿ ਹੁਣ ਕਾਂਗਰਸ ਪਾਰਟੀ ਵਿੱਚ ਬੈਠੇ ਸਿੱਖ ਆਗੂਆਂ ਨੂੰ ਇਸ ਮਾਮਲੇ ’ਤੇ ਆਪਣਾ ਸਪੱਸ਼ਟ ਪੱਖ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਆਪਣੇ ਗੁਰੂਆਂ ਅਤੇ ਧਾਰਮਿਕ ਪ੍ਰਤੀਕਾਂ ਪ੍ਰਤੀ ਅਪਮਾਨਜਨਕ ਟਿੱਪਣੀਆਂ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸਿੱਖ ਸ਼ਰਧਾਲੂਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਕੁਝ ਥਾਵਾਂ ’ਤੇ ਯਾਤਰੀਆਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਦਕਿ ਸਥਾਨਕ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਹੋਇਆ ਹੈ। ਉਨ੍ਹਾਂ ਸਿੱਖ ਭਾਈਚਾਰੇ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਅਤੇ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਕੌਮੀ ਹਿੱਤਾਂ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਦੀਪਕ ਸਹਿਗਲ, ਅਮਰਜੀਤ ਸਿੰਘ ਲਾਂਬਾ, ਜਸਬੀਰ ਸਿੰਘ ਉਬਰਾਏ, ਦਲਜਿੰਦਰ ਸਿੰਘ, ਅਮਰਜੀਤ ਸਿੰਘ ਚੌਹਾਨ, ਜਸਵਿੰਦਰ ਸਿੰਘ ਜੱਸੀ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
Pehar TV ਪਹਿਰ ਟੀਵੀ

0 Comments