ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਕਾਕਾ ਨੇ ਆਸ਼ਾ ਵਰਕਰਾਂ ਵੱਲੋਂ ਆਪਣੇ ਹੱਕਾਂ ਲਈ ਕੀਤੇ ਗਏ ਰੋਸ ਪ੍ਰਦਰਸ਼ਨ ਦਾ ਸਮਰਥਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਨੇ ਕੋਵਿਡ ਮਹਾਂਮਾਰੀ ਤੋਂ ਲੈ ਕੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਈ ਹੈ, ਪਰ ਸਰਕਾਰ ਵੱਲੋਂ ਉਨ੍ਹਾਂ ਦੇ ਭੱਤਿਆਂ ਵਿੱਚ ਕਟੌਤੀ ਕਰਕੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜਸਵਿੰਦਰ ਸਿੰਘ ਕਾਕਾ ਜਵੈਲਰ ਨੇ ਕਿਹਾ ਕਿ ਜੇਕਰ ਹਜ਼ਾਰਾਂ ਮਹਿਲਾਵਾਂ ਨੂੰ ਸੜਕਾਂ ’ਤੇ ਉਤਰ ਕੇ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ ਤਾਂ ਇਹ ਸਰਕਾਰ ਦੀ ਨਾਕਾਮੀ ਦਾ ਸਪੱਸ਼ਟ ਸਬੂਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਅੱਜ ਹਰ ਵਰਗ ਆਪਣੇ ਹੱਕਾਂ ਲਈ ਧਰਨੇ ਲਗਾਉਣ ਲਈ ਮਜਬੂਰ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਆਸ਼ਾ ਵਰਕਰਾਂ ਦੇ ਭੱਤੇ ਤੁਰੰਤ ਬਹਾਲ ਕੀਤੇ ਜਾਣ ਅਤੇ ਉਨ੍ਹਾਂ ਦੀਆਂ ਹੋਰ ਮੰਗਾਂ ਦਾ ਵੀ ਜਲਦ ਹੱਲ ਕੀਤਾ ਜਾਵੇ। ਕਾਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਜ਼ਦੂਰਾਂ, ਕਰਮਚਾਰੀਆਂ ਅਤੇ ਮਹਿਲਾ ਵਰਕਰਾਂ ਦੇ ਹੱਕਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ।
Pehar TV ਪਹਿਰ ਟੀਵੀ

0 Comments