Ticker

ਪਹਿਰ ਟੀਵੀ - Live
LIVE
Breaking News : 2026-27 ਪੰਜਾਬ ਸਰਕਾਰ ਦਾ ਬਜਟ LIVE | ਪਹਿਰ ਟੀਵੀ ਵਿਸ਼ੇਸ਼ ਪ੍ਰਸਾਰਣ

ਟੇਲਾਂ ਤੱਕ ਪਾਣੀ ਪਹੁੰਚਾਉਣ ਦੇ ‘ਆਪ’ ਸਰਕਾਰ ਦੇ ਦਾਅਵੇ ਫੇਲ੍ਹ ਸਾਬਤ ਹੋ ਰਹੇ ਹਨ - ਸ਼ੈਰੀ ਰਿਆੜ

 


ਸਨੌਰ, 22 ਜੂਨ (ਬਿੰਦਰ ਜਵਾਲੀਆ)

ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਉੱਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰਨ ਵਾਲੀ ਸਰਕਾਰ ਸਾਬਤ ਹੋ ਰਹੀ ਹੈ ਅਤੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵੇ ਵੀ ਹਕੀਕਤ ਤੋਂ ਕੋਹਾਂ ਦੂਰ ਹਨ। ਸ਼ੈਰੀ ਰਿਆੜ ਨੇ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਹਰ ਖੇਤਰ ਵਿੱਚ ਨਹਿਰੀ ਪਾਣੀ ਪਹੁੰਚ ਰਿਹਾ ਹੈ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਸਨੌਰ ਸਮੇਤ ਕਈ ਇਲਾਕਿਆਂ ਵਿੱਚ ਕਿਸਾਨਾਂ ਨੂੰ ਅੱਜ ਵੀ ਆਪਣੇ ਖੇਤਾਂ ਦੀ ਸਿੰਚਾਈ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ ਥਾਵਾਂ 'ਤੇ ਟੇਲਾਂ ਤੱਕ ਪਾਣੀ ਨਹੀਂ ਪਹੁੰਚ ਰਿਹਾ। ਉਨ੍ਹਾਂ ਕਿਹਾ ਕਿ ਕਿਸਾਨ ਬਿਜਲੀ ਅਤੇ ਮਹਿੰਗਾ ਡੀਜ਼ਲ ਖਰਚ ਕਰਕੇ ਟਿਊਬਵੈੱਲਾਂ ਰਾਹੀਂ ਫਸਲਾਂ ਨੂੰ ਪਾਣੀ ਦੇਣ ਲਈ ਮਜਬੂਰ ਹਨ। ਸਰਕਾਰ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਮਿਲ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਿਤ ਹੋ ਕੇ ਰਹਿ ਗਈ ਹੈ, ਜਦਕਿ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨੇ ਬਦਲਾਅ ਦੀ ਆਸ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰ ਸਕੀ। ਉਨ੍ਹਾਂ ਸਰਕਾਰ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਗੰਭੀਰਤਾ ਨਾਲ ਧਿਆਨ ਦੇਣ ਅਤੇ ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਸ਼ੈਰੀ ਰਿਆੜ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੇ ਮੁੱਦਿਆਂ ਨੂੰ ਪੂਰੀ ਤਾਕਤ ਨਾਲ ਉਠਾਉਂਦੀ ਰਹੇਗੀ।

Pehar TV ਪਹਿਰ ਟੀਵੀ 

© Pehar TV | All Rights Reserved

Post a Comment

0 Comments